Saturday, January 18, 2025
spot_img

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

Must read

ਚੰਡੀਗੜ੍ਹ, 9 ਮਈ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਹੈ । ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਚੋਣ ਅਮਲੇ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ।

ਸਾਰੇ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਇੱਕ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆਂ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਸ ਵਿੱਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਿਸ ਕਰਕੇ ਊਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹਨ।

ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ਕਿ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਿਨਾਂ ਇਜਾਜ਼ਤ ਦੇ ਇਕੱਠ ਕਰਨ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਬਰਾਬਰ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ।

ਸਿਬਿਨ ਸੀ ਨੇ ਦੁਹਰਾਇਆ ਕਿ ਜ਼ਿਲ੍ਹਿਆਂ ਵਿੱਚ ਤਾਇਨਾਤ ਸਮੂਹ ਚੋਣ ਅਮਲੇ ਦਾ ਫਰਜ਼ ਹੈ ਕਿ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਬਿਨ ਸੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਜੇਕਰ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਦੱਸਣਯੋਗ ਹੈ ਕਿ ਅੱਜ ਕਿਸਾਨਾਂ ਦੇ ਇੱਕ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਹੈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਕਿਸਾਨ ਜਥੇਬੰਦੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸੂਬੇ ਭਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article