Wednesday, November 27, 2024
spot_img

ਪਰਾਲੀ ਸਾਡ਼ਨ ’ਤੇ ਰੋਕ ਲਗਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ – ਕੁਲਦੀਪ ਸਿੰਘ ਧਾਲੀਵਾਲ

Must read

ਇਨਸੀਟੂ ਮੈਨੇਜਮੈਂਟ ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਵੰਡੀਆਂ ਜਾਣਗੀਆਂ 1.46 ਲੱਖ ਮਸ਼ੀਨਾਂ
ਖੇਤੀਬਾਡ਼ੀ ਵਿਭਾਗ ਦਾ ਹਰ ਅਧਿਕਾਰੀ/ਕਰਮਚਾਰੀ 15 ਸਤੰਬਰ ਤੋਂ ਫੀਲਡ ਵਿੱਚ ਰਹੇਗਾ
ਪਰਾਲੀ ਦੇ ਪ੍ਰਬੰਧਨ ਵਾਸਤੇ ਕਿਸਾਨਾਂ ਨੂੰ ਨਕਦ ਲਾਭ ਦੇ ਪ੍ਰਸਤਾਵ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

ਲੁਧਿਆਣਾ, 11 ਸਤੰਬਰ
ਪੰਜਾਬ ਦੇ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਨੂੰ ਸਾਡ਼ਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ।
ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਖੇਤੀਬਾਡ਼ੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਨ ਲਈ ਕਮਰ ਕੱਸ ਲਈ ਹੈ ਅਤੇ ਇਸ ਸੀਜ਼ਨ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ 56000 ਮਸ਼ੀਨਾਂ ਵੰਡੀਆਂ ਜਾਣਗੀਆਂ, ਜਿਸ ਨਾਲ ਮਸ਼ੀਨਾਂ ਦੀ ਕੁੱਲ ਗਿਣਤੀ 146422 ਹੋ ਜਾਵੇਗੀ ਕਿਉਂਕਿ ਪਹਿਲਾਂ ਹੀ 2018-2022 ਤੱਕ ਕਿਸਾਨਾਂ ਨੂੰ 90422 ਮਸ਼ੀਨਾਂ ਵੰਡੀਆਂ ਜਾ ਚੁੱਕੀਆਂ ਹਨ।
ਇਸ ਸਾਲ ਮਸ਼ੀਨਾਂ ਦੀ ਵੰਡ ਦੇ ਪ੍ਰੋਗਰਾਮ ਵਿੱਚ ਨਵੀਂ ਪਹਿਲ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਹੁਣ ਛੋਟੇ ਕਿਸਾਨਾਂ ਨੂੰ ਵੀ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਮਿਲਣਗੀਆਂ ਕਿਉਂਕਿ ਅਜਿਹੀਆਂ 500 ਮਸ਼ੀਨਾਂ ਸੂਬੇ ਦੇ 154 ਬਲਾਕਾਂ ਵਿੱਚ ਭੇਜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 15 ਸਤੰਬਰ ਤੋਂ ਬਾਅਦ ਉਨ੍ਹਾਂ ਸਮੇਤ ਖੇਤੀਬਾਡ਼ੀ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਤੋਂ ਲੈ ਕੇ ਡਾਇਰੈਕਟਰ ਰੈਂਕ ਤੱਕ ਦੇ ਅਧਿਕਾਰੀ ਫੀਲਡ ਵਿੱਚ ਹੀ ਰਹਿਣਗੇ ਅਤੇ ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਸਾਡ਼ਨ ਪ੍ਰਤੀ ਜਾਗਰੂਕ ਕਰਨ ਕਰਨਗੇ।
ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਪੇਂਡੂ ਪੱਟੀ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ, ਵਾਤਾਵਰਣ ਵਿਭਾਗ ਦੇ ਕਰਮਚਾਰੀ, ਗੈਰ ਸਰਕਾਰੀ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਹੋਰ ਕਿਸਾਨਾਂ ਨੂੰ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਦੇ ਅਮਲ ਨੂੰ ਅਪਨਾਉਣ ਲਈ ਪ੍ਰੇਰਿਤ ਕਰਨਗੇ।
ਪਰਾਲੀ ਨਾ ਸਾਡ਼ਨ ਲਈ ਕਿਸਾਨਾਂ ਨੂੰ ਨਕਦ ਲਾਭ ਦੇਣ ਦੀ ਤਜਵੀਜ਼ ਨੂੰ ਠੁਕਰਾਏ ਜਾਣ 0ਤੇ ਕੇਂਦਰ ਸਰਕਾਰ 0ਤੇ ਵਰ੍ਹਦਿਆਂ ਉਨ੍ਹਾਂ ਇਸ ਫੈਸਲੇ ਨੂੰ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਦੱਸਿਆ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕਡ਼ 2500 ਰੁਪਏ ਦੇਣ ਦੀ ਤਜਵੀਜ਼ ਰੱਖੀ ਸੀ, ਜਿਸ ਵਿੱਚ ਇਹ ਸੁਝਾਅ ਪੇਸ਼ ਕੀਤਾ ਗਿਆ ਸੀ ਕਿ ਇਸ ਰਾਸ਼ੀ ਵਿੱਚੋਂ 1500 ਰੁਪਏ ਪ੍ਰਤੀ ਏਕਡ਼ ਕੇਂਦਰ ਸਰਕਾਰ ਜਦ ਕਿ 1000 ਰੁਪਏ ਪ੍ਰਤੀ ਏਕਡ਼ ਪੰਜਾਬ ਅਤੇ ਦਿੱਲੀ ਸਰਕਾਰਾਂ ਵੱਲੋਂ ਦਿੱਤੇ ਜਾਣਗੇ।
ਪਿਛਲੀਆਂ ਸਰਕਾਰਾਂ 0ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕਈ ਕਿਸਾਨ ਖੇਤੀ ਸੰਦਾਂ 0ਤੇ ਸਬਸਿਡੀ ਦਾ ਲਾਭ ਲੈਣ 0ਚ ਅਸਫਲ ਰਹੇ ਅਤੇ 150 ਕਰੋਡ਼ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ। ਇਸ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਪਰਾਲੀ ਸਾਡ਼ਨ ਦੀ ਸਮੱਸਿਆ ਦੇ ਖਾਤਮੇ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਧਾਲੀਵਾਲ ਨੇ ਉਮੀਦ ਪ੍ਰਗਟਾਈ ਕਿ ਇਸ ਸਾਲ ਇੱਕ ਵੀ ਕਿਸਾਨ ਪਰਾਲੀ ਸਾਡ਼ਨ ਦੀ ਇਸ ਕਾਰਵਾਈ ਵਿੱਚ ਸ਼ਾਮਲ ਨਹੀਂ ਹੋਵੇਗਾ।
ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article