Saturday, January 18, 2025
spot_img

ਮੁੱਖ ਮੰਤਰੀ ਮਾਨ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ

Must read

ਚਮਕੌਰ ਸਾਹਿਬ, 3 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਸ਼ੁਰੂਆਤ ਰਸਮੀ ਤੌਰ ਉਤੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹਾਂ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਫਸਲ ਦੀ ਲਿਫਟਿੰਗ ਸ਼ੁਰੂ ਹੋ ਚੁੱਕੀ ਹੈ ਜੋ ਆਪਣੇ ਆਪ ਵਿੱਚ ਰਿਕਾਰਡ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਖਰੀਦ, ਲਿਫਟਿੰਗ ਅਤੇ ਅਦਾਇਗੀ ਉਸੇ ਦਿਨ ਕੀਤੀ ਜਾਵੇਗੀ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਕਾਰਜਸ਼ੀਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇੱਕ ਬਟਨ ਦਬਾ ਕੇ ਡਿਜੀਟਲ ਢੰਗ ਨਾਲ ਭੁਗਤਾਨ ਕਰਨ ਦੀ ਪਹਿਲ ਦੀ ਸ਼ੁਰੂਆਤ ਕਰਦੇ ਹੋਏ ਇੱਕ ਕਿਸਾਨ ਨੂੰ ਝੋਨੇ ਦੀ ਅਦਾਇਗੀ ਟ੍ਰਾਂਸਫਰ ਕੀਤੀ।

ਕਿਸਾਨਾਂ ਨੂੰ ਪੂਸਾ-44 ਅਤੇ ਝੋਨੇ ਦੀਆਂ ਹੋਰ ਸਬੰਧਤ ਕਿਸਮਾਂ ਦੀ ਕਾਸ਼ਤ ਬੰਦ ਕਰਨ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਿਸਮਾਂ ਦੀ ਕਾਸ਼ਤ ਬੰਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸੀਜ਼ਨ ਤੋਂ ਇਨ੍ਹਾਂ ਕਿਸਮਾਂ ‘ਤੇ ਪਾਬੰਦੀ ਲਾਉਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਵੱਧ ਖਪਤ ਵਾਲੀਆਂ ਇਹ ਕਿਸਮਾਂ ਵਾਢੀ ਲਈ ਵੀ ਵੱਧ ਸਮਾਂ ਲੈਂਦੀਆਂ ਹਨ ਅਤੇ ਬਹੁਤ ਪਰਾਲੀ ਪੈਦਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਰੱਕਾਂ ਵਿੱਚ ਜੀ.ਪੀ.ਐਸ. ਵਰਗੀਆਂ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਲਿਫਟਿੰਗ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਮੁਆਵਜ਼ੇ ਦੀ ਵੰਡ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਕ-ਇਕ ਪੈਸੇ ਦਾ ਨੁਕਸਾਨ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਕੋਲ ਸੂਬਾਈ ਆਫ਼ਤ ਰਾਹਤ ਫੰਡ ਵਿੱਚ ਕਾਫੀ ਪੈਸਾ ਹੈ।

ਭਗਵੰਤ ਸਿੰਘ ਮਾਨ ਨੇ ਝੋਨੇ ਦੇ ਖਰੀਦ ਕਾਰਜਾਂ ਲਈ ਨੋਡਲ ਏਜੰਸੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਖਰੀਦ ਅਤੇ ਭੰਡਾਰਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖਰੀਦ ਹੋਈ ਫਸਲ ਨੂੰ ਉਸੇ ਦਿਨ ਮੰਡੀ ਵਿੱਚੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਝੋਨੇ ਦੀ ਖਰੀਦ ਲਈ ਕੇਂਦਰ ਸਰਕਾਰ ਪਾਸੋਂ ਸੀ.ਸੀ.ਐਲ. ਵਜੋਂ 42000 ਕਰੋੜ ਰੁਪਏ ਦੀ ਮੰਗ ਕੀਤੀ ਸੀ ਜਿਸ ਦੇ ਮੁਕਾਬਲੇ 37000 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੰਭਾਵਿਤ ਆਮਦ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜ਼ਮੀ ਕੀਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ 2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜੋ ਪਿਛਲੇ ਸਾਲ ਨਾਲੋਂ 48 ਫੀਸਦੀ ਵੱਧ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article