Saturday, January 18, 2025
spot_img

ਰੇਲਵੇ ਵਿਭਾਗ ਨੇ ਪੰਜਾਬ ਤੀਰਥ ਯਾਤਰਾ ਯੋਜਨਾ ‘ਚ ਰੇਲ ਗੱਡੀਆਂ ਦੇਣ ਤੋਂ ਕੀਤਾ ਇਨਕਾਰ, ਦੱਸੀ ਇਹ ਵਜ੍ਹਾ

Must read

ਭਾਰਤੀ ਰੇਲਵੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਲਈ ਰੇਲ ਗੱਡੀਆਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਕਾਰਨ ਸਰਕਾਰ ਕੁਝ ਸਮੇਂ ਲਈ ਪੰਜਾਬ ਦੇ ਲੋਕਾਂ ਨੂੰ ਗੁਰੂਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਨਹੀਂ ਲਿਜਾ ਸਕੇਗੀ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਨੇ ਫਰਵਰੀ ਮਹੀਨੇ ਤੱਕ ਟਰੇਨਾਂ ਨਾ ਚੱਲਣ ਬਾਰੇ ਪੰਜਾਬ ਸਰਕਾਰ ਨੂੰ ਜ਼ੁਬਾਨੀ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਲਿਖਤੀ ਹੁਕਮ ਆਉਣਾ ਅਜੇ ਬਾਕੀ ਹੈ।

ਰੇਲਵੇ ਦਾ ਤਰਕ ਹੈ ਕਿ ਉਸ ਕੋਲ ਜਨਰੇਟਰਾਂ ਦੀ ਕਮੀ ਹੈ ਇਸ ਲਈ ਉਹ ਏ.ਸੀ. ਕੋਚ ਰੇਲਗੱਡੀਆਂ ਪ੍ਰਦਾਨ ਨਹੀਂ ਕਰ ਸਕਦਾ। ਪੰਜਾਬ ਸਰਕਾਰ ਵੀ ਰੇਲਵੇ ਤੋਂ ਲਿਖਤੀ ਹੁਕਮਾਂ ਦੀ ਉਡੀਕ ਕਰ ਰਹੀ ਹੈ। ਸਰਕਾਰ ਨੇ ਪਹਿਲਾਂ ਹੀ ਰੇਲਵੇ ਕੋਲ 1 ਕਰੋੜ ਰੁਪਏ ਤੋਂ ਵੱਧ ਦੀ ਅਗਾਊਂ ਰਕਮ ਜਮ੍ਹਾਂ ਕਰਾਈ ਹੈ ਤਾਂ ਜੋ ਲੋਕ ਵੱਖ-ਵੱਖ ਰਾਜਾਂ ਵਿੱਚ ਗੁਰੂਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣ।

ਇਸ ਵੇਲੇ ਪੰਜਾਬ ਸਰਕਾਰ ਵੱਲੋਂ ਸਿਰਫ਼ ਇੱਕ ਰੇਲ ਗੱਡੀ ਚਲਾਈ ਗਈ ਹੈ। ਜਿਸ ਵਿੱਚ 1 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਨੇ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਦੀ ਯਾਤਰਾ ਕੀਤੀ ਸੀ। ਹਫ਼ਤਾਵਾਰੀ ਟੂਰ ਵਿੱਚ ਯਾਤਰੀਆਂ ਦੇ ਖਾਣ-ਪੀਣ ਤੋਂ ਲੈ ਕੇ ਰਿਹਾਇਸ਼ ਅਤੇ ਦਰਸ਼ਨਾਂ ਤੱਕ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਨ।

ਐਡਵੋਕੇਟ ਐਚਸੀ ਅਰੋੜਾ ਦੀ ਤਰਫ਼ੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਸਕੀਮ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਪਟੀਸ਼ਨ ਵਿੱਚ ਐਡਵੋਕੇਟ ਅਰੋੜਾ ਨੇ ਇਸ ਸਕੀਮ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਇਸ ਸਕੀਮ ਨਾਲ ਪੈਸਾ ਬਰਬਾਦ ਕਰ ਰਹੀ ਹੈ, ਜਦਕਿ ਇਸ ਦੀ ਬਜਾਏ ਆਮ ਲੋਕਾਂ ਦੀ ਭਲਾਈ ਲਈ ਸਕੀਮਾਂ ਲਾਗੂ ਕੀਤੀਆਂ ਜਾ ਸਕਦੀਆਂ ਹਨ।

‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ 27 ਨਵੰਬਰ ਨੂੰ ਗੁਰੂ ਪਰਵ ਦੇ ਮੌਕੇ ‘ਤੇ ਸ਼ੁਰੂ ਕੀਤੀ ਗਈ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਸੀ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article