Thursday, January 16, 2025
spot_img

CM ਮਾਨ ਦਾ ਐਲਾਨ : ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ

Must read

ਸਿੰਘਪੁਰ ਬਰਨਾਲਾ (ਹੁਸ਼ਿਆਰਪੁਰ), 5 ਮਈ : ਸੂਬੇ ਦੇ ਅਮੀਰ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮਹਾਨ ਯੋਧੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ।

ਪੰਜਾਬ ਨੂੰ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਮਾਡਲ ਸੂਬੇ ਵਜੋਂ ਵਿਕਸਤ ਕਰਨ ਲਈ ਆਪਣੀ ਸਰਕਾਰ ਦੇ ਦ੍ਰਿੜ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਵਾਸੀਆਂ ਦੇ ਸੁਪਨੇ ਸਾਕਾਰ ਕਰਨ ਲਈ ਲੋਕਾਂ ਦੀ ਲੰਮੀ ਉਡੀਕ ਪੂਰੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਤੇ ਪੈਗੰਬਰਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਜਿਨ੍ਹਾਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਸ ਅਥਾਹ ਸਮਰੱਥਾ ਦੀ ਵਰਤੋਂ ਕਰਕੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਇਸ ਸਮਰੱਥਾ ਦਾ ਵੱਧ ਤੋਂ ਵੱਧ ਲਾਹਾ ਚੁੱਕਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਹਰ ਲੜਾਈ ਵਿੱਚ ਮੋਹਰੀ ਰਹੇ ਹਨ, ਜਿਸ ਕਾਰਨ ਸੂਬੇ ਨੂੰ ਦੇਸ਼ ਦੀ ਖੜਗਭੁਜਾ ਵਜੋਂ ਜਾਣਿਆ ਜਾਂਦਾ ਹੈ। ਸੂਬੇ ਵਿੱਚ ਬੇਰੋਜ਼ਗਾਰੀ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਧਰਤੀ ’ਤੇ ਬੇਰੋਜ਼ਗਾਰੀ ਖ਼ਿਲਾਫ਼ ਲੜਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਹੁਣ ਤੱਕ ਪਾਰਦਰਸ਼ੀ ਢੰਗ ਨਾਲ 29 ਹਜ਼ਾਰ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।

ਭ੍ਰਿਸ਼ਟ ਨੇਤਾਵਾਂ ਵਿਰੁੱਧ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ ਅਤੇ ਇਸ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੈਕਸ ਦਾਤਾਵਾਂ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਅਤੇ ਹੋਰਾਂ ਨੂੰ ਅਜਿਹੀ ਸਜ਼ਾ ਭੁਗਤਣੀ ਪਵੇਗੀ। ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਨਾਇਕ ਨੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ 11 ਲੜਾਈਆਂ ਲੜੀਆਂ ਸਨ। ਉਨ੍ਹਾਂ ਕਿਹਾ ਕਿ ਇਸ ਮਹਾਨ ਨਾਇਕ ਦੇ ਰਾਹ ‘ਤੇ ਚੱਲਦਿਆਂ ਸੂਬਾ ਸਰਕਾਰ ਨੇ ਵੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਕਈ ਨੇਤਾਵਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਨਾਲ ਸਬੰਧਤ ਕੋਈ ਆਗੂ ਵੀ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੀ ਖਟਕੜ ਕਲਾਂ ਦੀ ਪਵਿੱਤਰ ਧਰਤੀ ‘ਤੇ ਸੰਕਲਪ ਲੈ ਕੇ ਅਹੁਦਾ ਸੰਭਾਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਮੁਗਲਾਂ ਦੇ ਜ਼ੁਲਮ ਵਿਰੁੱਧ ਅਨੇਕਾਂ ਲੜਾਈਆਂ ਲੜਨ ਵਾਲੇ ਆਪਣੇ ਦਾਦਾ ਜੀ ਹਰਦਾਸ ਸਿੰਘ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਕਦੇ ਵੀ ਹਮਲਾਵਰਾਂ ਦੇ ਜ਼ੁਲਮ ਅੱਗੇ ਸਿਰ ਨਹੀਂ ਝੁਕਾਇਆ ਸੀ। ਉਹ ਉਸ ਸਮੇਂ ਦੇ ਦੌਰਾਨ ਉੱਘੇ ਸਿੱਖ ਆਗੂ ਸਨ ਜੋ ਰਾਮਗੜ੍ਹੀਆ ਮਿਸਲ ਦਾ ਸਰਦਾਰ ਬਣੇ। ਇਨ੍ਹਾਂ ਮਹਾਨ ਨਾਇਕਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਵਿਰੁੱਧ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਨਾਲਾਇਕੀ ਕਾਰਨ ਸੂਬੇ ਦੇ ਨੌਜਵਾਨਾਂ ਨੂੰ ਇਨ੍ਹਾਂ ਨਾਇਕਾਂ ਦੇ ਯੋਗਦਾਨ ਬਾਰੇ ਜਾਣਕਾਰੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਕੌਮ ਦੇ ਨਿਰਮਾਤਾਵਾਂ ਦੇ ਨਾਂ ‘ਤੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਭਗਵੰਤ ਮਾਨ ਨੇ ਜ਼ਿਲ੍ਹੇ ਲਈ ਇੱਕ ਕਾਲਜ ਸਮੇਤ ਵੱਖ-ਵੱਖ ਪ੍ਰੋਜੈਕਟਾਂ ਅਤੇ ਸੜਕਾਂ ਨੂੰ ਮਜ਼ਬੂਤ ਅਤੇ ਚੌੜਾ ਕਰਨ ਦੇ ਪ੍ਰੋਜੈਕਟਾਂ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਵੱਖ-ਵੱਖ ਜਲ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾਣਗੇ ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦੀ ਸਹੀ ਅਤੇ ਯੋਗ ਵਰਤੋਂ ਲਈ ਹਰ ਭਾਈਵਾਲ ਦੇ ਸੁਝਾਅ ਤੇ ਸਲਾਹ ਨਾਲ ਨੀਤੀਆਂ ਜਾਂ ਪ੍ਰੋਜੈਕਟ ਉਲੀਕ ਰਹੀ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਜ਼ਿਲ੍ਹੇ ਵਿੱਚੋਂ ਪੱਛੜੇ ਖੇਤਰ ਦਾ ਟੈਗ ਹਟਾ ਦਿੱਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article