Saturday, January 18, 2025
spot_img

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕੀਤਾ ਕਾਇਮ : CM ਮਾਨ

Must read

ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।

ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨਹੀਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਏਨਾ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ।

ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ ‘ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।”

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article